ਹੋਸ਼ੇਆ 1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ। ਹੋਸ਼ੇਆ ਦੀ ਪਤਨੀ ਅਤੇ ਬੱਚੇ 2 ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ। 3 ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ। 4 ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ। 5 ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ। 6 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ। 7 ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ। 8 ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ। 9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ। ਇਸਰਾਏਲ ਦੀ ਪੁਨਰ ਸਥਾਪਨਾ 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।” 11 ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ। |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.